ਹੁਸ਼ਿਆਰਪੁਰ, 19 ਅਗਸਤ – ਗੰਨੇ ਦੀ ਬਕਾਇਆ ਰਾਸ਼ੀ ਅਤੇ ਸਮਰਥਨ ਮੁੱਲ ਨੂੰ ਲੈ ਕੇ 32 ਕਿਸਾਨ ਜਥੇਬੰਦੀਆਂ ਵੱਲੋਂ 20 ਅਗਸਤ ਨੂੰ ਜਲੰਧਰ ਦੇ ਰਾਮਾਮੰਡੀ ਨੇੜੇ ਧੰਨੋਵਾਲੀ ਫਾਟਕ ‘ਤੇ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਜਾਮ ਕਰ ਪੰਜਾਬ ਸਰਕਾਰ ਖਿਲਾਫ ਰੋਸ ਜਾਹਰ ਕੀਤਾ ਜਾਵੇਗਾ। ਇਸ ਨੂੰ ਲੈ ਕੇ ਟਾਂਡਾ ਉੜਮੁੜ ਵਿਖੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਸੰਗਠਨ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਜਗਵੀਰ ਸਿੰਘ ਚੌਹਾਨ ਅਤੇ ਹੋਰ ਕਿਸਾਨਾਂ ਨੇ ਕਿਹਾ ਕਿ ਕਿਸਾਨ ਪਿਛਲੇ 5 ਸਾਲਾਂ ਤੋਂ ਗੰਨੇ ਦਾ ਸਮਰਥਨ ਮੁੱਲ ਵਧਾਉਣ ਦੀ ਮੰਗ ਕਰ ਰਹੇ ਹਨ ਪਰੰਤੂ ਸਰਕਾਰ ਕਿਸਾਨਾਂ ਦੀ ਮੰਗ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ। ਉਨ੍ਹਾਂ ਸਰਕਾਰ ਪਾਸੋਂ ਗੰਨੇ ਦਾ ਸਮਰਥਨ ਮੁੱਲ 400 ਰੁਪਏ ਕਰਨ ਅਤੇ ਸਰਕਾਰੀ ਖੰਡ ਮਿੱਲਾਂ ਦਾ ਕਿਸਾਨਾਂ ਵੱਲ 200 ਕਰੋੜ ਦਾ ਬਕਾਇਆ ਜਲਦ ਦੇਣ ਦੀ ਮੰਗ ਕੀਤੀ।