ਚੰਡੀਗੜ੍ਹ, 24 ਅਗਸਤ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਮਾਲਵਿੰਦਰ ਸਿੰਘ ਮਾਲੀ ਅਤੇ ਪਿਆਰੇ ਲਾਲ ਗਰਗ ਵੱਲੋਂ ਦਿੱਤੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਕੈਪਟਨ ਖੇਮੇ ਦੇ ਮੰਤਰੀਆਂ ਸਾਧੂ ਸਿੰਘ ਧਰਮਸੋਤ, ਬ੍ਰਹਮ ਮੋਹਿੰਦਰਾ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ ਅਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਹਾਈਕਮਾਨ ਪਾਸੋਂ ਮਾਲੀ ਤੇ ਗਰਗ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਹਾਈਕਮਾਨ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਪਾਰਟੀ ਅਤੇ ਦੇਸ਼ ਦੇ ਹਿੱਤ ਵਿਚ ਨਵਜੋਤ ਸਿੱਧੂ ਨੂੰ ਤੁਰੰਤ ਆਪਣੇ ਸਹਿਯੋਗੀਆਂ ‘ਤੇ ਲਗਾਮ ਲਗਾਉਣ ਦੇ ਨਿਰਦੇਸ਼ ਦਿੱਤੇ ਜਾਣ। ਸਾਧੂ ਸਿੰਘ ਧਰਮਸੋਤ ਅਨੁਸਾਰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਵਾਲੇ ਬਿਆਨਾਂ ਤੋਂ ਹਮੇਸ਼ਾ ਬਚਣਾ ਚਾਹੀਦਾ ਹੈ ਤੇ ਕਸ਼ਮੀਰ ਨੂੰ ਭਾਰਤ ਤੋਂ ਅਲੱਗ ਕਰਨ ਦੀ ਗੱਲ ਕਹਿਣ ਵਾਲੇ ਦੇਸ਼ ਵਿਰੋਧੀ ਹਨ।