ਫਗਵਾੜਾ, 8 ਸਤੰਬਰ – ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਸਮੇਂ ਸਮੇਂ ‘ਤੇ ਉੱਠਦੀ ਰਹੀ ਹੈ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ।ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਕਹਿ ਚੁੱਕੇ ਹਨ ਜਦਕਿ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੀ ਖੰਨਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕਰ ਚੁੱਕੇ ਹਨ। ਗੁਰਕੀਰਤ ਸਿੰਘ ਕੋਟਲੀ ਅਨੁਸਾਰ ਖੰਨਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਹਰੀ ਝੰਡੀ ਦੇ ਦਿੱਤੀ ਹੈ, ਜਿਸ ਦਾ ਐਲਾਨ ਜਲਦ ਹੋਣ ਜਾ ਰਿਹਾ ਹੈ। ਇਸੇ ਕੜੀ ‘ਚ ਹੁਣ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਜੋ ਕਿ ਫਗਵਾੜਾ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ ਤੇ ਹੁਣ ਉਹ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੀ ਨੁਮਾਇਂਦਗੀ ਕਰਦੇ ਹਨ ਤੇ ਫਗਵਾੜਾ ਉਨ੍ਹਾਂ ਦੇ ਲੋਕ ਸਭਾ ਹਲਕੇ ‘ਚ ਹੀ ਆਉਂਦਾ ਹੈ, ਨੇ ਵੀ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ।