ਅਹਿਮਦਾਬਾਦ, 11 ਸਤੰਬਰ – ਗੁਜਰਾਤ ਵਿਚ ਵੱਡਾ ਸਿਆਸੀ ਉਲਟਫੇਰ ਹੋਇਆ ਹੈ ਤੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਜੇ ਰੂਪਾਨੀ ਨੇ ਕੁੱਝ ਦੇਰ ਪਹਿਲਾ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਦੇ ਦਿੱਤਾ। ਉਨ੍ਹਾਂ ਨਾਲ ਉਪਮੁੱਖ ਮੰਤਰੀ ਨਿਤਿਨ ਪਟੇਲ ਵੀ ਮੌਜੂਦ ਸਨ।ਗੁਜਰਾਤ ਵਿਚ 2022 ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਅਜਿਹੇ ਵਿਚ ਵਿਜੇ ਰੂਪਾਨੀ ਦਾ ਅਸਤੀਫਾ ਦੇਣਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਭਾਜਪਾ ਨਵੇਂ ਨੇਤਰਤਵ ‘ਚ ਗੁਜਰਾਤ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਫਿਲਹਾਲ ਗੁਜਰਾਤ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਬਾਰੇ ਕੁੱਝ ਪਤਾ ਨਹੀਂ ਲੱਗਾ ਹੈ। ਜ਼ਿਕਰਯੋਗ ਹੈ ਕਿ 1995 ਤੋਂ ਲੈ ਕੇ ਗੁਜਰਾਤ ਵਿਚ ਜ਼ਿਆਦਾਤਰ ਭਾਜਪਾ ਦੀ ਸਰਕਾਰ ਰਹੀ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਲੰਮਾ ਸਮਾਂ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।