ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਸਾ-ਨੀ ਲੁਧਿਆਣਵੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ।

ਲੁਧਿਆਣਾ, 10 ਸਤੰਬਰ ( ਨਾਮਪ੍ਰੀਤ ਸਿੰਘ ਗੋਗੀ ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਸਾ-ਨੀ ਲੁਧਿਆਣਵੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨਾਂ ਦਾ ਬੀਤੀ ਦੇਰ ਰਾਤ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਖੇ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ 63 ਵਰਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ, ਇਕ ਧੀ ਤੇ ਦੋ ਪੁੱਤਰ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਨੂੰ ਇਕ ਅਧਿਆਤਮਿਕ ਸ਼ਖਸੀਅਤ ਦੱਸਿਆ ਜਿਨਾਂ ਨੇ ਹਮੇਸ਼ਾ ਹੀ ਲੋਕਾਂ ਦਰਮਿਆਨ ਪਿਆਰ, ਸ਼ਾਂਤੀ ਅਤੇ ਭਾਈਚਾਰੇ ਦੇ ਸੁਨੇਹੇ ਦਾ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਾਹੀ ਇਮਾਮ ਵੱਲੋਂ ਲੋਕਾਈ ਦਰਮਿਆਨ ਭਾਈਚਾਰੇ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਪਾਇਆ ਗਿਆ ਯੋਗਦਾਨ ਸੂਬੇ ਭਰ ਵਿੱਚ ਸਭਨਾਂ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਧਾਰਮਿਕ ਹਲਕਿਆਂ ਖਾਸ ਕਰਕੇ ਮੁਸਲਿਮ ਭਾਈਚਾਰੇ ਵਿੱਚ ਇਕ ਵੱਡਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਨਾ ਮੁਸ਼ਕਿਲ ਹੈ। ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

Leave a Reply

Your email address will not be published. Required fields are marked *