ਚੰਡੀਗੜ੍ਹ, 14 ਸਤੰਬਰ – ਸ਼੍ਰੋਮਣੀ ਅਕਾਲੀ ਦਲ ਬਾਦਲ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਦਾ 17 ਸਤੰਬਰ ਨੂੰ ਇੱਕ ਸਾਲ ਪੂਰਾ ਹੋਣ ‘ਤੇ ਇਸ ਦਿਨ ਨੂੰ ਕਾਲੇ ਦਿਵਸ ਵਜੋ ਮਨਾਵੇਗਾ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇੱਕ ਸਾਲ ਪਹਿਲਾ 17 ਸਤੰਬਰ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਕਾਲੇ ਖੇਤੀ ਕਾਨੂੰਨ ਲਾਗੂ ਕੀਤੇ ਸਨ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ ਜਦਕਿ ਅਕਾਲੀ ਦਲ ਨੇ ਭਾਜਪਾ ਨਾਲ ਆਪਣੀ ਭਾਈਵਾਲੀ ਖਤਮ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ 17 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਵਿਖੇ ਰੋਸ ਮਾਰਚ ਕੱਢਿਆ ਜਾਵੇਗਾ ਜੋ ਕਿ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਸੰਸਦ ਭਵਨ ਜਾਵੇਗਾ ਤੇ ਉੱਥੇ ਖੇਤੀ ਕਾਨੂੰਨ ਸਾੜ ਕੇ ਕੇਂਦਰ ਸਰਕਾਰ ਨੂੰ ਦੱਸਿਆ ਜਾਵੇਗਾ ਕਿ ਸਾਰਾ ਦੇਸ਼ ਖੇਤੀ ਕਾਨੂੰਨਾਂ ਦੇ ਖਿਲਾਫ ਹੈ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਦੇ ਨਾਲ ਨਾਲ ਕਿਸਾਨਾਂ ਨੂੰ ਵੀ 17 ਸਤੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਪਹੁੰਚਣ ਦੀ ਅਪੀਲ ਕੀਤੀ।