ਵਾਸ਼ਿੰਗਟਨ, 15 ਸਤੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਵਾਡ ਸਿਖਰ ਸੰਮੇਲਨ ਅਤੇ ਸੰਯੁਕਤ ਰਾਸ਼ਟਰ ਮਹਾਂਸਭਾ ‘ਚ ਹਿੱਸਾ ਲੈਣ ਲਈ 24 ਅਤੇ 25 ਸਤੰਬਰ ਨੂੰ ਅਮਰੀਕਾ ਫੇਰੀ ‘ਤੇ ਹਨ। ਅਮਰੀਕਾ ਦੀਆਂ ਕਿਸਾਨ ਹਿਤੈਸ਼ੀ ਅਤੇ ਸਿੱਖ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੇ ਵਿਰੋਧ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਜੌ ਬਾਈਡੇਨ ਨੂੰ ਵਿਸ਼ੇਸ਼ ਪਟੀਸ਼ਨ ਭੇਜਣ ਲਈ ਦਸਤਖਤ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਓਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਮੈਰੀਲੈਂਡ ਦੀ ਮੀਟਿੰਗ ਦੌਰਾਨ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਐਮ.ਐੱਸ.ਪੀ ਦਾ ਗਾਰੰਟੀ ਕਾਨੂੰਨ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਦੇਣ ਦੀ ਯੋਜਨਾ ਬਣਾਈ ਗਈ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ‘ਚ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਲੜੇ ਜਾ ਰਹੇ ਸੰਘਰਸ਼ ਵਿਚ ਸੰਯੁਕਤ ਕਿਸਾਨ ਮੋਰਚਾ ਮੈਰੀਲੈਂਡ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ।