ਨਵੀਂ ਦਿੱਲੀ, 17 ਸਤੰਬਰ – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦਾ ਇੱਕ ਸਾਲ ਪੂਰਾ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਦਾ ਦਿਨ ‘ਕਾਲਾ ਦਿਵਸ’ ਵਜੋ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਰੋਸ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਕੀਤੀ ਜਾ ਰਹੀ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸੰਸਦ ਭਵਨ ਵੱਲ ਇਹ ਰੋਸ ਮਾਰਚ ਸ਼ੁਰੂ ਹੋਇਆ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਤੇ ਵਕਰਾਂ ਨੇ ਸ਼ਮੂਲੀਅਤ ਕੀਤੀ ਹੈ। ਓਧਰ ਦਿੱਲੀ ਪੁਲਿਸ ਨੇ ਰੋਸ ਮਾਰਚ ਕੱਢਣ ਦੀ ਆਗਿਆ ਨਹੀਂ ਦਿੱਤੀ ਹੈ, ਜਿਸ ਦੇ ਚੱਲਦਿਆਂ ਥਾਂ ਥਾਂ ‘ਤੇ ਬੈਰੀਕੇਡਿੰਗ ਕੀਤੀ ਗਈ ਹੈ।