ਚੰਡੀਗੜ੍ਹ, 26 ਸਤੰਬਰ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਕੈਬਨਿਟ ਵਿਵਾਦਾਂ ‘ਚ ਘਿਰ ਗਈ ਹੈ। ਦਰਅਸਲ ਕਾਂਗਰਸ ਦੇ ਦੁਆਬਾ ਖੇਤਰ ਦੇ 6 ਵਿਧਾਇਕਾਂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ.ਪੀ ਨੇ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚਿੱਠੀ ਲਿਖ ਰਾਣਾ ਗੁਰਜੀਤ ਸਿੰਘ ਨੂੰ ਨਵੇਂ ਮੰਤਰੀ ਮੰਡਲ ‘ਚ ਸ਼ਾਮਿਲ ਕੀਤੇ ਜਾਣ ਦਾ ਵਿਰੋਧ ਕੀਤਾ ਹੈ। ਚਿੱਠੀ ਲਿਖਣ ਵਾਲੇ 6 ਵਿਧਾਇਕਾਂ ‘ਚ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ, ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜਲੰਧਰ ਉੱਤਰੀ ਤੋਂ ਵਿਧਾਇਕ ਬਾਵਾ ਹੈਨਰੀ, ਚੱਬੇਬਾਲ ਤੋਂ ਵਿਧਾਇਕ ਡਾ. ਰਾਜ ਕੁਮਾਰ, ਸ਼ਾਮ ਚੌਰਾਸੀ ਤੋਂ ਵਿਧਾਇਕ ਪਵਨ ਆਦੀਆ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਸ਼ਾਮਿਲ ਹਨ ਜਿਨ੍ਹਾਂ ਨੇ ਰਾਣਾ ਗੁਰਜੀਤ ਸਿੰਘ ਨੂੰ ਹਟਾਏ ਜਾਣ ਦੀ ਮੰਗ ਕੀਤੀ ਹੈ।ਇੱਥੇ ਦੱਸ ਦਈਏ ਕਿ ਰਾਣਾ ਗੁਰਜੀਤ ਸਿੰਘ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿਚ ਸ਼ਾਮਿਲ ਸਨ, ਜਿਨ੍ਹਾਂ ਦਾ ਨਾਂ ਕਥਿਤ ਤੌਰ ‘ਤੇ ਮਾਈਨਿੰਗ ਮਾਮਲੇ ਵਿਚ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਮਨਜ਼ੂਰੀ ਤੋਂ ਬਾਅਦ ਰਾਣਾ ਗੁਰਜੀਤ ਸਿੰਘ ਦਾ ਮੰਤਰੀਪਦ ਤੋਂ ਅਸਤੀਫਾ ਲੈ ਲਿਆ ਸੀ।