ਨਵੀਂ ਦਿੱਲੀ, 30 ਸਤੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰਜੀਤ ਗਰੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਤੋਂ ਬਹੁਤ ਕੁੱਝ ਸਿੱਖਣ ਨੂੰ ਮਿਲੇਗਾ, ਦੇਸ਼ ਤੇ ਪੰਜਾਬ ਨੂੰ ਕੈਪਟਨ ਦੀਆਂ ਸੇਵਾਵਾਂ ਦਾ ਲਾਭ ਉਠਾਉਣਾ ਚਾਹੀਦਾ ਹੈ ਤੇ ਕੇਂਦਰ ਸਰਕਾਰ ਵਿਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਸੁਲਝਾ ਸਕਦੇ ਹਨ ਜੋ ਕਿ ਨੇਤਾਵਾਂ ਨੂੰ ਸਮਝਾ ਕੇ ਕਿਸਾਨਾਂ ਨੂੰ ਮਨਾਉਣਗੇ। ਹਰਜੀਤ ਗਰੇਵਾਲ ਅਨੁਸਾਰ ਹੁਣ ਕੈਪਟਨ ਨੇ ਫੈਸਲਾ ਕਰਨਾ ਹੈ ਕਿ ਉਨ੍ਹਾਂ ਨੇ ਕਾਂਗਰਸ ‘ਚ ਰਹਿਣਾ ਹੈ ਜਾਂ ਫਿਰ ਭਾਜਪਾ ‘ਚ ਸ਼ਾਮਿਲ ਹੋਣਾ ਹੈ ਤੇ ਜਾਂ ਫਿਰ ਆਪਣੀ ਪਾਰਟੀ ਬਣਾ ਕੇ ਭਾਜਪਾ ਦੀ ਮਦਦ ਕਰਨੀ ਹੈ।