ਨਵੀਂ ਦਿੱਲੀ, 6 ਅਕਤੂਬਰ – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲਖੀਮਪੁਰ ਖੀਰੀ ਘਟਨਾ ‘ਤੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕਾਤਲਾਂ ਨੂੰ ਬਚਾਇਆ ਜਾ ਰਿਹਾ ਹੈ, ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ? ਸੱਚਾਈ ਜਾਣਨਾ ਦੇਸ਼ ਦਾ ਹੱਕ ਹੈ ਪਰ ਲਖੀਮਪੁਰ ਖੀਰੀ ‘ਚ ਅਜਿਹਾ ਕੀ ਹੋਇਆ ਹੈ ਜੋ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਉੱਥੋਂ ਜਾਣ ਤੋਂ ਰੋਕਿਆ ਜਾ ਰਿਹਾ ਹੈ। ਇੱਕ ਪਾਸੇ ਤਾਂ ਸਰਕਾਰ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮਨਾ ਰਹੀ ਹੈ ਜਦਕਿ ਦੂਸਰ ਪਾਸੇ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਣ ਜਾ ਰਹੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਰਿਹਾ ਹੈ।ਪੂਰਾ ਸਿਸਟਮ ਦੋਸ਼ੀਆਂ ਨੂੰ ਬਚਾਉਣ ਵਿਚ ਲੱਗਾ ਹੋਇਆ ਹੈ ਤੇ ਅਜਿਹਾ ਫਿਲਮਾਂ ਵਿਚ ਹੀ ਦੇਖਿਆ ਸੀ। ਹਰ ਦੇਸ਼ ਵਾਸੀ ਅੱਜ ਨਿਆਂ ਦੀ ਮੰਗ ਕਰ ਰਿਹਾ ਹੈ।ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।