ਫਗਵਾੜਾ ‘ਚ ਕਾਂਗਰਸ ਵੱਲੋਂ ਮੌਨ ਵਰਤ

ਫਗਵਾੜਾ, 11 ਅਕਤੂਬਰ (ਰਮਨਦੀਪ) – ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਦੇਸ਼ ਭਰ ‘ਚ ਮੌਨ ਵਰਤ ਰੱਖ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੇ ਤਹਿਤ ਫਗਵਾੜਾ ਵਿਖੇ ਵੀ ਕਾਂਗਰਸੀ ਵਰਕਰਾਂ ਵੱਲੋਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਮੌਨ ਵਰਤ ਰੱਖ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਮਹਿਲਾ ਵਰਕਰਾਂ ਅਤੇ ਯੂਥ ਵਰਕਰਾਂ ਨੇ ਵੀ ਹਿੱਸਾ ਲਿਆ। ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਗੱਡੀ ਚੜਾ ਦਿੱਤੀ ਸੀ।ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਪੀੜਤ ਪਰਿਵਾਰਾਂ ਨੂੰ ਮਿਲ ਕੇ ਦੁੱਖ ਵੰਡਾਇਆ ਹੈ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਪ੍ਰਿਅੰਕਾ ਗਾਂਧੀ ਨੂੰ 55 ਘੰਟੇ ਹਿਰਾਸਤ ਵਿਚ ਰੱਖ ਕੇ ਕਿਸੇ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ। ਬਲਾਕ ਕਾਂਗਰਸ ਫਗਵਾੜਾ ਦੇ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ ਨੇ ਕਿਹਾ ਕਿ ਜਦ ਤੱਕ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਨਹੀਂ ਕੀਤਾ ਜਾਂਦਾ ਅਤੇ ਉਸ ਦੇ ਬੇਟੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਕਾਂਗਰਸ ਦੇ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ।

Leave a Reply

Your email address will not be published. Required fields are marked *