ਫਗਵਾੜਾ, 16 ਅਕਤੂਬਰ (ਰਮਨਦੀਪ) ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਘਟਨਾ ਦੇ ਮੁੱਖ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਦੇਸ਼ ਭਰ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਮਿਤ ਮਿਸ਼ਰਾ ਦੇ ਪੁਤਲੇ ਫੂਕਣ ਦੇ ਦਿੱਤੇ ਗਏ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ ਹੇਠ ਸਮੂਹ ਕਿਸਾਨਾ ਵੱਲੋਂ ਫਗਵਾੜਾ ਦੀ ਨਵੀ ਦਾਣਾ ਮੰਡੀ ਵਿਖੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਿੱਥੇ ਲਖੀਮਪੁਰ ਖੀਰੀ ਘਟਨਾ ਦੀ ਸਮੂਹ ਕਿਸਾਨਾਂ ਨੇ ਸਖਤ ਸ਼ਬਦਾ ਵਿੱਚ ਨਿਖੇਧੀ ਕੀਤੀ ਉਥੇ ਹੀ ਉਨਾਂ ਕੇਂਦਰੀ ਦੀ ਮੋਦੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜੀ ਵੀ ਕੀਤੀ। ਉਪਰੰਤ ਕਿਸਾਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਮਿਤ ਮਿਸ਼ਰਾ ਦੇ ਪੁਤਲੇ ਫੂਕੇ।ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਇਹ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਹੀ ਕੀਤਾ ਗਿਆ ਹੈ। ਉਨਾਂ ਜਿੱਥੇ ਲਖੀਮਪੁਰ ਖੀਰੀ ਘਟਨਾ ਦੀ ਸਖਤ ਸ਼ਬਦਾ ਵਿੱਚ ਨਿਖੇਧੀ ਕੀਤੀ ਉਥੇ ਹੀ ਉਨਾਂ ਆਖਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਮਿਤ ਮਿਸ਼ਰਾ ਅਤੇ ਉਸ ਦੇ ਬੇਟੇ ਨੂੰ ਕੇਂਦਰ ਦੀ ਮੋਦੀ ਸਰਕਾਰ ਜਾਣਬੁੱਝ ਕੇ ਬਚਾ ਰਹੀ ਹੈ। ਉਨਾਂ ਕਿਹਾ ਕਿ ਜਦੋਂ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਮਿਤ ਮਿਸ਼ਰਾ ਆਪਣੇ ਅਹੁਦੇ ਤੋਂ ਅਸਤੀਫਾ ਨਹੀ ਦਿੰਦਾ ਅਤੇ ਬਾਕੀ ਦੋਸ਼ੀਆਂ ਖਿਲਾਫ ਕਾਰਵਾਈ ਨਹੀ ਹੁੰਦੀ ਉਨਾਂ ਚਿਰ ਉਹ ਆਪਣਾ ਸੰਘਰਸ਼ ਇਸੇ ਤਰਾਂ ਹੀ ਜਾਰੀ ਰੱਖਣਗੇ।