ਚੰਡੀਗੜ੍ਹ, 17 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ 32 ਕਿਸਾਨ ਜਥੇਬੰਦੀਆਂ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਪੱਤਰਕਾਰ ਵਾਰਤਾ ਦੌਰਾਨ ਚਰਨਜੀਤ ਚੰਨੀ ਨੇ ਕਿਹਾ ਕਿ ਕਿਸਾਨਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਤੇ ਕਰਜ਼ਾ ਮਾਫੀ ਛੱਡ ਕੇ ਸਾਰੀਆਂ ਮੰਗਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ, ਜੇ ਕਿਸਾਨ ਕਹਿਣ ਤਾਂ ਉਹ ਅਸਤੀਫਾ ਦੇ ਕੇ ਕਿਸਾਨਾਂ ਨਾਲ ਚੱਲਣ ਲਈ ਤਿਆਰ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਉੱਪਰ ਪਰਚੇ ਦਰਜ ਹੋਏ ਹਨ ਉਹ ਰੱਦ ਹੋਣਗੇ ਜਦਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਪਰ ਵੀ ਦਰਜ ਮਾਮਲੇ ਰੱਦ ਕੀਤੇ ਜਾਣਗੇ।ਇਸ ਤੋਂ ਇਲਾਵਾ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਵੀ 12000 ਤੋਂ ਵਧਾ ਕੇ 17000 ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ ਤੇ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਵੀ 10% ਮੁਆਵਜ਼ਾ ਦਿੱਤਾ ਜਾਵੇਗਾ।