ਨਵੀਂ ਦਿੱਲੀ, 27 ਨਵੰਬਰ – ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕਰਦਿਆ ਕਿਹਾ ਕਿ ਪ੍ਰਧਾਨ ਮੰਤਰੀ ਨੇ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕਰ ਦਿੱਤਾ ਹੈ, ਇਸ ਲਈ ਕਿਸਾਨ ਪ੍ਰਧਾਨ ਮੰਤਰੀ ਦੇ ਐਲਾਨ ਦਾ ਸਨਮਾਨ ਕਰਦੇ ਹੋਏ ਆਪਣਾ ਅੰਦੋਲਨ ਖਤਮ ਕਰਕੇ ਵਾਪਿਸ ਆਪਣੇ ਘਰਾਂ ਨੂੰ ਪਰਤ ਜਾਣ। ਖੇਤੀ ਕਾਨੂੰਨ ਰੱਦ ਕਰਨ ਦਾ ਬਿੱਲ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਹੀ ਸੰਸਦ ਵਿਚ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਬਾਕੀ ਮੰਗਾਂ ਵੀ ਮੰਨ ਲਈਆਂ ਗਈਆਂ ਹਨ। ਪਰਾਲੀ ਸਾੜਨ ਨੂੰ ਕਿਸਾਨ ਅਪਰਾਧ ਮੁਕਤ ਕਰਨ ਦੀ ਮੰਗ ਕਰ ਰਹੇ ਸਨ ਤੇ ਕੇਂਦਰ ਸਰਕਾਰ ਨੇ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਣ ਦਾ ਫੈਸਲਾ ਲਿਆ ਹੈ। ਪ੍ਰਧਾਨ ਮੰਤਰੀ ਨੇ ਫਸਲੀ ਵਿਭਿੰਨਤਾ, ਜ਼ੀਰੋ-ਬਜਟ ਖੇਤੀ, ਅਤੇ MSP ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਵੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ ਜਿਸ ਵਿਚ ਕਿਸਾਨ ਜਥੇਬੰਦੀਆਂ ਦੇ ਨੁਮਾਇਂਦੇ ਹੋਣਗੇ।ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉੱਪਰ ਦਰਜ ਪਰਚੇ ਰੱਦ ਕਰਨ ‘ਤੇ ਉਨ੍ਹਾਂ ਕਿਹਾ ਕਿ ਇਹ ਫੈਸਲਾ ਸਬੰਧਿਤ ਸੂਬਾ ਸਰਕਾਰਾਂ ਲੈਣਗੀਆਂ।