ਜਲੰਧਰ, 7 ਦਸੰਬਰ – ਪੰਜਾਬ ਰੋਡਵੇਜ਼/ ਪਨਬੱਸ ਅਤੇ ਪੀ.ਆਰ.ਟੀ.ਸੀ. ਬੱਸਾਂ ਦੇ ਕੱਚੇ ਮੁਲਾਜ਼ਮ ਉਨ੍ਹਾਂ ਨੂੰ ਪੱਕਾ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਪਰ ਇਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ । ਬੀਤੇ ਦਿਨੀਂ ਵੀ ਪ੍ਰੈੱਸ ਕਾਨਫਰੰਸ ਕਰਕੇ ਕੱਚੇ ਮੁਲਾਜ਼ਮਾਂ ਨੇ ਕਿਹਾ ਸੀ ਕਿ ਜੇਕਰ ਸਰਕਾਰ ਨੇ ਸਾਰੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਉਨ੍ਹਾਂ ਵੱਲੋਂ 7 ਦਸੰਬਰ ਨੂੰ ਮੁਕੰਮਲ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ ਤੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।ਇਸ ਦੇ ਤਹਿਤ ਜਲੰਧਰ ਵਿਖੇ ਵੀ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਪੰਜਾਬ ਰੋਡਵੇਜ਼/ਪਨ ਬੱਸ ਦੇ ਚੱਕੇ ਜਾਮ ਕਰ ਦਿੱਤੇ ਗਏ ਹਨ। ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਰੋਜ਼ਾਨਾ ਬੱਸਾਂ ‘ਚ ਸਫਰ ਕਰਨ ਵਾਲਿਆਂ ਨੂੰ ਕਾਫੀ ਖੱਜਲ ਖੁਆਰ ਹੋਣਾ ਪੈ ਰਿਹਾ ਹੈ।ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਜਲੰਧਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਚਾਨਣ ਸਿੰਘ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਨੇ ਕਿਹਾ ਸੀ ਕਿ 1 ਦਸੰਬਰ ਨੂੰ ਪਹਿਲੀ ਕੈਬਨਿਟ ਮੀਟਿੰਗ ‘ਚ ਪੰਜਾਬ ਰੋਡਵੇਜ਼/ ਪਨਬੱਸ ਅਤੇ ਪੀ.ਆਰ.ਟੀ.ਸੀ. ਬੱਸਾਂ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਪਰ ਸਰਕਾਰ ਵੱਲੋਂ ਅਜੇ ਤੱਕ ਮੰਗਾਂ ਨਹੀਂ ਮੰਨੀਆਂ ਗਈਆਂ।ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇਕਰ ਜਲਦ ਤੋਂ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਨ੍ਹਾਂ ਵੱਲੋਂ ਆਪਣੇ ਪ੍ਰਦਰਸ਼ਨ ਨੂੰ ਅੱਗੇ ਹੋਰ ਤਿੱਖਾ ਕੀਤਾ ਜਾਵੇਗਾ।