ਨਵੀਂ ਦਿੱਲੀ, 20 ਦਸੰਬਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਕਪੂਰਥਲਾ ਦੇ ਨਿਜ਼ਾਮਪੁਰ ਮੋੜ ਵਿਖੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਨੂੰ ਲੈ ਕੇ ਦੋ ਲੋਕਾਂ ਦੀ ਹੱਤਿਆ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਅਲਰਟ ਜਾਰੀ ਕੀਤਾ ਹੈ। ਸੂਤਰਾਂ ਅਨੁਸਾਰ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਧਾਰਮਿਕ ਅਸਥਾਨਾਂ, ਡੇਰਿਆਂ, ਮੰਦਿਰਾਂ, ਗੁਰਦੁਆਰਿਆਂ ਦੀ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅਲਰਟ ਕੀਤਾ ਹੈ ਕਿ ਦੇਸ਼ ਵਿਰੋਧੀ ਤੱਤਾਂ ਵੱਲੋਂ ਪੰਜਾਬ ‘ਚ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਨਾਪਾਕ ਯੋਜਨਾ ਕੀਤੀ ਜਾ ਰਹੀ ਹੈ।ਸੂਤਰਾਂ ਦੀ ਮੰਨੀਏ ਤਾਂ ਦੰਗੇ ਭੜਕਾਉਣ ਅਤੇ ਧਾਰਮਿਕ ਭਾਵਨਾਵਾਂ ਉਕਸਾਉਣ ਲਈ ਧਾਰਮਿਕ ਅਸਥਾਨਾਂ ‘ਤੇ ਬੇਅਦਬੀ ਜਾਂ ਹੋਰ ਘਟਨਾ ਕਰਕੇ ਮਾਹੌਲ ਵਿਗਾੜਨ ਦੀ ਸਾਜ਼ਿਸ਼ ਹੋ ਸਕਦੀ ਹੈ।ਇਸ ਲਈ ਕੇਂਦਰ ਸਰਕਾਰ ਨੇ ਧਾਰਮਿਕ ਸਥਾਨਾਂ ‘ਤੇ ਪੰਜਾਬ ਪੁਲਿਸ ਨੂੰ ਸੁਰੱਖਿਆ ਵਧਾਉਣ ‘ਤੇ ਨਿਰਦੇਸ਼ ਦਿੱਤੇ ਗਏ ਹਨ।