ਪਾਂਸ਼ਟਾ, 22 ਦਸੰਬਰ (ਰਜਿੰਦਰ) – ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਕਪੂਰਥਲਾ ਦੇ ਨਿਜਾਮਪੁਰ ਮੋੜ ਵਿਖੇ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਪੰਜਾਬ ਭਰ ‘ਚ ਗੁਰੂ ਘਰਾਂ ਦੀ ਸੁਰੱਖਿਆ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਸੁਚੇਤ ਹੋ ਗਈਆਂ ਹਨ। ਇਸ ਨੂੰ ਲੈ ਕੇ ਗੁਰਦੁਆਰਾ ਸਿੰਘ ਸਭਾ ਪਿੰਡ ਨਸੀਬਾਬਾਦ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਜਿਸ ਵਿਚ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਵੀ ਹਿੱਸਾ ਲਿਆ।ਮੀਟਿੰਗ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਕਪੂਰਥਲਾ ਦੇ ਨਿਜਾਮਪੁਰ ਮੋੜ ਵਿਖੇ ਬੇਅਦਬੀ ਦੀਆਂ ਘਟਨਾਵਾਂ ਦੀ ਨਿਖੇਧੀ ਕੀਤੀ ਗਈ ਜਦਕਿ ਗੁਰਦੁਆਰਾ ਸਾਹਿਬ ਦੀ ਸੁਰੱਖਿਆ ਨੂੰ ਲੈ ਕੇ ਵੀ ਮੀਟਿੰਗ ਦੌਰਾਨ ਵਿਚਾਰਾਂ ਹੋਈਆਂ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਨਗਰ ਵਾਸੀਆਂ ਵੱਲੋਂ ਮਤਾ ਪਾਸ ਕੀਤਾ ਗਿਆ ਕਿ ਗੁਰਦੁਆਰਾ ਸਾਹਿਬ ਵਿਖੇ ਹਰ ਰੋਜ਼ ਰਾਤ 8 ਵਜੇ ਤੋਂ ਲੈ ਕੇ ਸਵੇਰੇ 4 ਵਜੇ ਤੱਕ ਪਹਿਰੇ ਲਗਾਏ ਜਾਣਗੇ ਤੇ ਇਸ ਪਹਿਰੇ ਵਿਚ 2 ਵਿਅਕਤੀ ਡਿਊਟੀ ਦੇਣਗੇ।ਇਸ ਸਬੰਧੀ ਭਾਈ ਤਰਲੋਕ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ‘ਚ ਸੀ.ਸੀ.ਟੀ.ਵੀ ਕੈਮਰੇ ਲੱਗੇ ਹੋਏ ਹਨ, ਪਰ ਫਿਰ ਵੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਅਮਨ ਸ਼ਾਂਤੀ ਕਾਇਮ ਹੋਣ ਤੱਕ ਗੁਰਦੁਆਰਾ ਸਾਹਿਬ ਵਿਖੇ ਪਹਿਰੇ ਲਗਾਏ ਜਾਣਗੇ।